ਮੀਟ ਮਾਰਕੀਟ ‘ਚ ਘਰ-ਘਰ ਸੰਪਰਕ ਮੁਹਿੰਮ ਚਲਾਉਣ ਲਈ ਕੀਤੀ ਤਾਰੀਫ਼, ਕਿਹਾ – ਪੁਲਿਸ ਆਪਣੇ ਫਰਜ਼ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਵੀ ਨਿਭਾ ਰਹੀ*
ਖੰਨਾਂ/ਲੁਧਿਆਣਾ, 08 ਅਪ੍ਰੈਲ ( ਪ੍ਰੋਫੈਸਰ ਅਵਤਾਰ ਸਿੰਘ ):-ਖੰਨਾਂ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਪ੍ਰਭਾਵਸ਼ਾਲੀ ਕੰਮਾਂ ਦੀ ਸਮਾਜਿਕ ਜਥੇਬੰਦੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਹੈ। ਵੱਖ ਵੱਖ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਜਿਸ ਮੀਟ ਮਾਰਕੀਟ ਇਲਾਕੇ ਨੂੰ ਕਦੇ ਨਸ਼ਾ ਤਸਕਰੀ ਦਾ ਹੌਟ ਸਪੌਟ ਮੰਨਿਆ ਜਾਂਦਾ ਸੀ, ਉੱਥੇ ਹੁਣ ਕਾਫੀ ਹੱਦ ਤੱਕ ਨਸ਼ੇ ’ਤੇ ਕਾਬੂ ਪਾਇਆ ਗਿਆ ਹੈ, ਜੋ ਕਿ ਖੰਨਾ ਪੁਲਿਸ ਦੀ ਵੱਡੀ ਸਫਲਤਾ ਹੈ। ਉਹਨਾਂ ਨੂੰ ਉਮੀਦ ਹੈ ਕਿ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਪੁਲਿਸ ਜਿਲ੍ਹਾ ਖੰਨਾ ਬਹੁਤ ਛੇਤੀ ਪੂਰੀ ਤਰ੍ਹਾਂ ਨਾਲ ਨਸ਼ਾ ਮੁਕਤ ਜਿਲ੍ਹਾ ਬਣੇਗਾ।

ਖੰਨਾਂ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਉਭੀ, ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਅਤੇ ਹੋਰਨਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਸ਼ੁਰੂ ਕੀਤੀ ਘਰ-ਘਰ ਸੰਪਰਕ ਮੁਹਿੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਵੱਲੋਂ ਕੀਤੀਆਂ ਲਗਾਤਾਰ ਕਾਰਵਾਈਆਂ ਅਤੇ ਜਾਗਰੂਕਤਾ ਯਤਨਾਂ ਕਾਰਨ ਇਲਾਕੇ ਵਿੱਚ ਸਕਾਰਾਤਮਕ ਬਦਲਾਅ ਆਇਆ ਹੈ। ਜਥੇਬੰਦੀਆਂ ਨੇ ਕਿਹਾ ਕਿ ਪਹਿਲਾਂ ਲੋਕ ਇਸ ਇਲਾਕੇ ਵਿੱਚ ਜਾਣ ਤੋਂ ਵੀ ਘਬਰਾਉਂਦੇ ਸਨ, ਪਰ ਹੁਣ ਹਾਲਾਤ ਕਾਫੀ ਸੁਧਰੇ ਹੋਏ ਹਨ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਸਮਾਜਿਕ ਆਗੂਆਂ ਨੇ ਦੱਸਿਆ ਕਿ ਹਾਲ ਹੀ ਵਿੱਚ ਐਸ.ਐਸ.ਪੀ ਵੱਲੋਂ ਇਲਾਕੇ ਵਿੱਚ ਕੀਤੇ ਗਏ ਦੌਰੇ ਦੌਰਾਨ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਸਟੇਸ਼ਨਰੀ, ਕਾਪੀਆਂ ਤੇ ਕਿਤਾਬਾਂ ਵੀ ਵੰਡੀਆਂ ਗਈਆਂ, ਜਿਸ ਨਾਲ ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਪੁਲਿਸ ਅਤੇ ਲੋਕਾਂ ਵਿਚਕਾਰ ਦੂਰੀ ਘਟਾਉਂਦੇ ਹਨ ਅਤੇ ਸਮਾਜ ਵਿੱਚ ਚੰਗਾ ਸੰਦੇਸ਼ ਪਹੁੰਚਾਉਂਦੇ ਹਨ।
ਜਥੇਬੰਦੀਆਂ ਨੇ ਖਾਸ ਤੌਰ ’ਤੇ ਇਹ ਵੀ ਜ਼ਿਕਰ ਕੀਤਾ ਕਿ ਖੰਨਾ ਪੁਲਿਸ ਸਿਰਫ਼ ਕਾਰਵਾਈ ਤੱਕ ਸੀਮਿਤ ਨਹੀਂ ਰਹੀ, ਸਗੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਬੱਚਿਆਂ ਦੀ ਸਿੱਖਿਆ ਵੱਲ ਵੀ ਧਿਆਨ ਦੇ ਰਹੀ ਹੈ। ਇਸ ਨਾਲ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਮਿਲ ਰਹੀ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਨਾ ਮਿਲਦੀ ਹੈ। ਸਮਾਜਿਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਵੀ ਖੁੱਲ੍ਹ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਖ਼ਤ ਨੀਤੀ ਅਤੇ ਪੁਲਿਸ ਦੀ ਮੈਦਾਨੀ ਕਾਰਵਾਈ ਦੇ ਮਿਲੇ-ਜੁਲੇ ਯਤਨਾਂ ਨਾਲ ਹੀ ਅਜਿਹਾ ਬਦਲਾਅ ਸੰਭਵ ਹੋਇਆ ਹੈ। ਉਨ੍ਹਾਂ ਮੰਨਿਆ ਕਿ ਜੇਕਰ ਇਹ ਜ਼ਜ਼ਬਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਾ ਵਿਰੋਧੀ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਹਰ ਵਿਅਕਤੀ ਨੂੰ ਆਪਣਾ ਫਰਜ ਸਮਝਦੇ ਹੋਏ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ। ਜੇਕਰ ਕਿਸੇ ਨੂੰ ਵੀ ਨਸ਼ਾ ਤਸਕਰੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰੇ, ਤਾਂ ਜੋ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।
ਅੰਤ ਵਿੱਚ ਜਥੇਬੰਦੀਆਂ ਦੇ ਆਗੂਆਂ ਨੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਅਤੇ ਪੂਰੀ ਖੰਨਾ ਪੁਲਿਸ ਟੀਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਇਲਾਕੇ ਵਿੱਚ ਨਵੀਂ ਉਮੀਦ ਜਗੀ ਹੈ। ਲੋਕਾਂ ਵਿੱਚ ਭਰੋਸਾ ਬਣਿਆ ਹੈ ਕਿ ਹੁਣ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਬਚੇਗੀ ਅਤੇ ਖੰਨਾ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜਲਦੀ ਹੀ ਸਾਕਾਰ ਹੋਵੇਗਾ।
